ਕੋਲਕਾਤਾ : ਰਾਜਨੀਤਿਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਨੂੰ 100 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇ ਉਸੀ ਦੀ ਭਵਿੱਖਬਾਣੀ ਗ਼ਲਤ ਹੁੰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ।
ਸੋਮਵਾਰ ਨੂੰ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਭਾਜਪਾ ਸਮਰਥਕ ਕੁਝ ਮੀਡੀਆ ਨਾਲ ਅਜਿਹਾ ਮਾਹੌਲ ਪੈਦਾ ਕਰ ਰਹੇ ਹਨ ਜਿਵੇਂ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਪਰ ਅਜਿਹਾ ਹੋਣ ਵਾਲਾ ਨਹੀਂ ਹੈ। ਜੇ ਭਾਜਪਾ ਪੱਛਮੀ ਬੰਗਾਲ ਵਿੱਚ ਦੋਹਰੇ ਅੰਕ ਨੂੰ ਪਾਰ ਕਰ ਜਾਂਦੀ ਹੈ ਤਾਂ ਮੈਂ ਸਿਆਸਤ ਛੱਡ ਦਿਆਂਗਾ। ਉਨ੍ਹਾਂ ਨੇ ਕਿਹਾ ਹੈ ਕਿ ਜੋ ਲੋਕ ਵੀ ਇਸ ਟਵੀਟ ਨੂੰ ਪੜ੍ਹਣ, ਉਹ ਇਸ ਨੂੰ ਸੇਵ ਕਰ ਕੇ ਰੱਖ ਲੈਣ।
ਦਰਅਸਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਦੋ ਰੋਜ਼ਾ ਪੱਛਮੀ ਬੰਗਾਲ ਦੇ ਦੌਰੇ 'ਤੇ ਇਥੇ ਆਏ ਸਨ। ਐਤਵਾਰ ਨੂੰ ਉਨ੍ਹਾਂ ਨੇ ਬੀਰਭੂਮ ਜ਼ਿਲ੍ਹੇ ਦੇ ਬੋਲਪੁਰ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ, ਜਿਸ ਵਿੱਚ ਲੋਕਾਂ ਦਾ ਵੱਡਾ ਇੱਕਠ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੱਤਾਧਾਰੀ ਪਾਰਟੀ ਅਤੇ ਹੋਰ ਪਾਰਟੀਆਂ ਦੇ 11 ਵਿਧਾਇਕ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਉਤਸ਼ਾਹਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਪੱਛਮੀ ਬੰਗਾਲ ਵਿੱਚ 200 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਮਮਤਾ ਬੈਨਰਜੀ ਦੀ ਸਰਕਾਰ ਦਾ ਤਖਤਾ ਪਲਟ ਦਿੱਤਾ ਜਾਵੇਗਾ।