ਨਵੀਂ ਦਿੱਲੀ : ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ, ਕਾਂਗਰਸ ਪਾਰਟੀ ਨੇ ਵੀਰਵਾਰ ਨੂੰ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਪੈਦਲ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ, ਮਾਰਚ ਕਰਨ ਦੀ ਇਜਾਜ਼ਤ ਨਾ ਹੋਣ ਦੇ ਬਾਵਜੂਦ ਸੜਕਾਂ 'ਤੇ ਉਤਰਨ ਵਾਲੇ ਕਾਂਗਰਸੀ ਨੇਤਾਵਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ, ਕਾਂਗਰਸ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨੂੰ ਮੰਦਰ ਮਾਰਗ ਥਾਣੇ ਵਿੱਚ ਨਜ਼ਰਬੰਦ ਕੀਤਾ ਗਿਆ। ਹਾਲਾਂਕਿ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਅਤੇ ਰਾਜ ਸਭਾ ਕਾਂਗਰਸ ਨੇਤਾ ਗੁਲਾਮਨਬੀ ਅਜ਼ਾਦ ਰਾਸ਼ਟਰਪਤੀ ਨੂੰ ਮਿਲਣ ਰਾਸ਼ਟਰਪਤੀ ਭਵਨ ਪਹੁੰਚੇ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕਾਂਗਰਸੀ ਨੇਤਾਵਾਂ ਨੂੰ ਵੀਰਵਾਰ ਸਵੇਰੇ ਦਿੱਲੀ ਪੁਲਿਸ ਨੇ ਰੋਕ ਲਿਆ ਸੀ। ਪੁਲਿਸ ਨੇ ਧਾਰਾ -144 ਲਾਗੂ ਕਰਦਿਆਂ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਮਾਰਚ ਕੱਢਣ ਦੀ ਆਗਿਆ ਨਹੀਂ ਹੈ। ਅਜਿਹੀ ਸਥਿਤੀ ਵਿਚ ਇਸ ਤਰ੍ਹਾਂ ਮਾਰਚ ਕਰਨਾ ਕਾਨੂੰਨ ਦੇ ਵਿਰੁੱਧ ਹੈ। ਪੁਲਿਸ ਨੇ ਪ੍ਰਿਯੰਕਾ ਗਾਂਧੀ ਸਮੇਤ ਕਈ ਹੋਰ ਸੀਨੀਅਰ ਨੇਤਾਵਾਂ ਨੂੰ ਮਨਾਹੀ ਦੇ ਆਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਹਿਰਾਸਤ ਵਿੱਚ ਲਿਆ ਹੈ।
ਦੂਜੇ ਪਾਸੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਹਵਾਲਾ ਦਿੰਦੀ ਹੈ ਪਰ ਕਿਸੇ ਨੂੰ ਜਮਹੂਰੀ ਅਧਿਕਾਰ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਨੂੰ ਦਹਿਸ਼ਤ ਦਾ ਰੂਪ ਕਿਹਾ ਜਾਂਦਾ ਹੈ। ਅਸੀਂ ਕਿਸਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕਰਨ ਲਈ ਮਾਰਚ ਕੱਢ ਰਹੇ ਹਾਂ। ਪ੍ਰਿਯੰਕਾ ਨੇ ਅੱਗੇ ਕਿਹਾ ਕਿ ਅਸੀਂ ਲੋਕਤੰਤਰ ਵਿਚ ਜੀ ਰਹੇ ਹਾਂ ਅਤੇ ਅਤੇ ਚੁਣੇ ਗਏ ਸੰਸਦ ਮੈਂਬਰ ਹਾਂ
ਜਾਣਕਾਰੀ ਅਨੁਸਾਰ ਕਾਂਗਰਸ ਦੇ ਵਫ਼ਦ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ, ਦਿੱਲੀ ਪੁਲਿਸ ਨੇ ਨਜ਼ਰਬੰਦ ਸਾਰੇ ਕਾਂਗਰਸੀ ਨੇਤਾਵਾਂ ਨੂੰ ਰਿਹਾ ਕਰ ਦਿੱਤਾ ਹੈ।