Friday, November 22, 2024
 

ਚੰਡੀਗੜ੍ਹ / ਮੋਹਾਲੀ

ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਕਿਸਾਨ : ਕੈਪਟਨ

December 25, 2020 09:17 PM

ਕਿਸਾਨੀ ਸੰਘਰਸ਼ ‘ਚ ਜਨਤਾ ਲਈ ਕੋਈ ਵੀ ਅਸੁਵਿਧਾ ਨਾ ਹੋਵੇ ਪੈਦਾ-ਕੈਪਟਨ

ਚੰਡੀਗੜ੍ਹ : ਕਿਸਾਨੀ ਸੰਘਰਸ਼ ਦੌਰਾਨ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸੀਲ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਕੀਤੀਆਂ ਜਾਣ ਜਿਸ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਹੋਵੇ। ਮੁੱਖ ਮੰਤਰੀ ਨੇ ਕਿਸਾਨ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜਬਤ ਵਿੱਚ ਰਹਿ ਕੇ ਆਪਣੀ ਆਵਾਜ ਬੁਲੰਦ ਕਰ ਰਹੇ ਹਨ।
ਕੋਰੋਨਾ ਦੌਰਾਨ ਦੂਰਸੰਚਾਰ ਸੇਵਾਵਾਂ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੋ ਜਾਣ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਦਾ ਸੰਜਮ ਅਤੇ ਜਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ, ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਵਿੱਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ। ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ਵਿੱਚ ਨਹੀਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜਾਈ ਵਿੱਚ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹੇ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕਿ ਉਹ ਵੀ ਬਦਲੇ ਵਿੱਚ ਇਸੇ ਤਰ੍ਹਾਂ ਦਾ ਰਸਤਾ ਅਪਣਾਉਂਦੇ ਹੋਏ ਇਹ ਯਕੀਨੀ ਬਣਾਉਣ ਕਿ ਉਹਨਾਂ ਦੀ ਇਨਸਾਫ ਦੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੁਆਰਾ ਮੋਬਾਈਲ ਟਾਵਰਾਂ ਨੂੰ ਬਿਜਲੀ ਸਪਲਾਈ ਬੰਦ ਕਰਨ ਕਰਕੇ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਨਾਲ ਨਾ ਸਿਰਫ ਵਿਦਿਆਰਥੀਆਂ, ਜੋ ਪੂਰੀ ਤਰ੍ਹਾਂ ਆਨਲਾਈਨ ਸਿੱਖਿਆ ’ਤੇ ਨਿਰਭਰ ਹਨ, ਦੀ ਪੜ੍ਹਾਈ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ, ਬਲਕਿ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਘਰ ਤੋਂ ਕੰਮ ਕਰ ਰਹੇ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਚ ਵੀ ਇਹ ਚੀਜ਼ ਅੜਿੱਕਾ ਬਣ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਰਸੰਚਾਰ ਸੇਵਾਵਾਂ ’ਚ ਵਿਘਨ ਕਰਕੇ ਰਾਜ ਦੀ ਪਹਿਲਾਂ ਤੋਂ ਹੀ ਡਾਵਾਂਡੋਲ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਜਾਰੀ ਰੱਖਣ ਜਿਸ ਨਾਲ ਪੰਜਾਬ ਦੇ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।

 

Have something to say? Post your comment

Subscribe