ਵਾਸ਼ਿੰਗਟਨ : ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਸਾਹਮਣੇ ਭਾਰਤ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ। ਸਮੂਹ ਵਿੱਚ ਭਾਰਤੀ-ਅਮਰੀਕੀ ਸੈਨੇਟਰ ਪ੍ਰਮਿਲਾ ਜੈਪਾਲ ਵੀ ਸ਼ਾਮਲ ਹਨ।
ਭਾਰਤ ਨੇ ਵਿਦੇਸ਼ੀ ਨੇਤਾਵਾਂ ਅਤੇ ਰਾਜਨੇਤਾਵਾਂ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਇਸ ਨੂੰ ਗ਼ਲਤ ਦੱਸਿਆ ਹੈ। ਭਾਰਤ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ ਕਿ ਇਹ ਲੋਕਤੰਤਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਮਹੀਨੇ ਦੀ ਸ਼ੁਰੂਆਤ ਵਿੱਚ ਕਿਹਾ ਸੀ ਕਿ ਸਾਨੂੰ ਭਾਰਤ ਵਿੱਚ ਕਿਸਾਨ ਅੰਦੋਲਨ ਬਾਰੇ ਕੁਝ ਗਲਤ ਟਿੱਪਣੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਸੀ ਕਿ ਇਸ ਤਰ੍ਹਾਂ ਦੇ ਬਿਆਨ ਸਹੀਂ ਨਹੀਂ ਹਨ, ਖ਼ਾਸਕਰ ਜਦੋਂ ਇਹ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸੰਬੰਧਿਤ ਹੋਣ। 23 ਦਸੰਬਰ ਨੂੰ, ਸੰਸਦ ਮੈਂਬਰਾਂ ਨੇ ਮਾਈਕ ਪੋਂਪੀਓ ਨੂੰ ਇੱਕ ਪੱਤਰ ਲਿਖਿਆ ਸੀ। ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਮਸਲਾ ਵਿਸ਼ੇਸ਼ ਤੌਰ 'ਤੇ ਸਿੱਖ ਅਮਰੀਕੀ ਲੋਕਾਂ ਨਾਲ ਸਬੰਧਤ ਹੈ, ਜੋ ਪੰਜਾਬ ਨਾਲ ਸਬੰਧਤ ਹਨ।
ਸੰਸਦ ਮੈਂਬਰਾਂ ਨੇ ਪੱਤਰ ਵਿੱਚ ਲਿਖਿਆ ਕਿ ਬਹੁਤ ਸਾਰੇ ਭਾਰਤੀ-ਅਮਰੀਕੀ ਸਿੱਧਾ ਪ੍ਰਭਾਵਿਤ ਹੋ ਰਹੇ ਹਨ, ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਨਾਲ ਜੁੜੇ ਹੋਏ ਹਨ। ਇਸ ਲਈ ਉਹ ਭਾਰਤ ਵਿਚ ਰਹਿੰਦੇ ਆਪਣੇ ਪਰਿਵਾਰ ਦੀ ਚਿੰਤਾ ਕਰ ਰਹੇ ਹਨ। ਅਸੀਂ ਤੁਹਾਨੂੰ ਇਸ ਗੰਭੀਰ ਮੁੱਦੇ 'ਤੇ ਆਪਣੇ ਭਾਰਤੀ ਹਮਰੁਤਬਾ ਨਾਲ ਸੰਪਰਕ ਕਰਨ ਦੀ ਅਪੀਲ ਕਰਦੇ ਹਾਂ।
ਅਸੀਂ ਮੌਜੂਦਾ ਕਾਨੂੰਨ ਦੀ ਪਾਲਣਾ ਕਰਦਿਆਂ ਰਾਸ਼ਟਰੀ ਨੀਤੀ ਬਣਾਉਣ ਦੇ ਭਾਰਤ ਸਰਕਾਰ ਦੇ ਅਧਿਕਾਰ ਦਾ ਸਤਿਕਾਰ ਕਰਦੇ ਹਾਂ। ਅਸੀਂ ਉਨ੍ਹਾਂ ਦੇ ਅਧਿਕਾਰਾਂ ਨੂੰ ਵੀ ਸਵੀਕਾਰ ਕਰਦੇ ਹਾਂ ਜਿਹੜੇ ਇਸ ਕਾਨੂੰਨ ਦੇ ਵਿਰੁੱਧ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।