ਵਿਧਾਇਕ ਮੰਗੂਪੁਰ ਨੇ ਗੁਰਪ੍ਰੀਤ ਦੇ ਸ਼ਰਧਾਂਜਲੀ ਸਮਾਗਮ ’ਚ ਕੀਤੀ ਸ਼ਿਰਕਤ
ਨਵਾਂਸ਼ਿਹਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਮੱਕੋਵਾਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਨਮਿਤ ਪਿੰਡ ਜੱਬਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਪਰਿਵਾਰ ਵਿਚੋਂ ਗਏ ਜੀਅ ਦੀ ਘਾਟ ਤਾਂ ਕਦੇ ਪੂਰੀ ਨਹੀਂ ਕੀਤੀ ਜਾ ਸਕਦੀ, ਪਰੰਤੂ ਇਹ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੀ ਤੁੱਛ ਜਿਹੀ ਇਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਗਏ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਸ ਮੌਕੇ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।