ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖਰੀਦਣਾ ਚਾਹੁੰਦਾ ਕੇਂਦਰ
ਸੰਗਰੂਰ : ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਦਿੱਲੀ ਕਟੜਾ ਐਕਸਪ੍ਰੈੱਸ ਰੋਡ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖ਼ਰੀਦਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਦਿੱਲੀ ਵਿਖੇ ਆਪਣੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਦੂਸਰੇ ਪਾਸੇ ਪੰਜਾਬ ਵਿਚ ਉਨ੍ਹਾਂ ਦੀਆਂ ਜ਼ਮੀਨਾਂ ਦੱਬਣ ਦੀ ਤਿਆਰੀ ਹੋ ਰਹੀ ਹੈ।ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਪਾਸਿਉਂ ਕੋਈ ਰਾਹਤ ਨਹੀਂ ਦੇ ਰਹੀ, ਸਗੋਂ ਉਨ੍ਹਾਂ ਨੂੰ ਹੋਰ ਤੰਗ ਅਤੇ ਪ੍ਰੇਸ਼ਾਨ ਕਰ ਰਹੀ ਹੈ। ਕੋਈ ਵੀ ਸੰਬੰਧਿਤ ਅਧਿਕਾਰੀ ਕਿਸਾਨਾਂ ਨਾਲ਼ ਸਹੀ ਇਨਸਾਫ਼ ਨਹੀਂ ਕਰ ਰਿਹਾ।ਇਸ ਰੋਡ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਸੰਗਰੂਰ ਪਟਿਆਲਾ ਹਾਈਵੇ ਉੱਪਰ ਨੇੜੇ ਪਿੰਡ ਰੌਸ਼ਨਵਾਲਾ ਵਿਖੇ ਲਗਾਏ ਗਏ ਧਰਨੇ ਵਿਚ ਲਗਾਤਾਰ ਆਪਣੀ ਹਾਜ਼ਰੀ ਦੇ ਰਹੇ 'ਆਪ' ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਤੋ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਰੋਡ ਨਾਲ ਸਬੰਧਿਤ ਕੋਈ ਵੀ ਅਧਿਕਾਰੀ ਪੰਜਾਬ ਸਰਕਾਰ ਦੇ ਦਬਾਅ ਕਾਰਨ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਿਹਾ।ਉਨ੍ਹਾਂ ਕਿਹਾ ਕਿ ਅਸੀਂ ਇਸ ਰੋਡ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਹਾਂ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਉਨ੍ਹਾਂ ਨਾਲ ਖੜਾਂਗੇ।