ਹੁਸ਼ਿਆਰਪੁਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸਥਾਨਕ ਵਾਰਡ ਨੰਬਰ 10 ਦੇ ਬਾਜੀਗਰ ਮੁਹੱਲੇ ਵਿੱਚ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਾਰਡਾਂ ਵਿੱਚ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ ਤਾਂ ਜੋ ਵਸਨੀਕਾਂ ਨੂੰ ਅਤਿ ਆਧੁਨਿਕ ਸਹੂਲਤਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾ ਕੇ ਇਨ੍ਹਾਂ ਖੇਤਰਾਂ ਦੀ ਦਿੱਖ ਸੰਵਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਤੂਬਰ ਦੇ ਆਖਰੀ ਹਫ਼ਤੇ ਸ਼ੁਰੂ ਕੀਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਹੇਠ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ 62 ਵਿਕਾਸ ਕਾਰਜ ਮੁਕੰਮਲ ਕਰਵਾਏ ਜਾਣਗੇ ਜਿਸ ਨਾਲ ਲਗਭਗ ਹਰ ਵਾਰਡ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਖੁਸ਼ਵੀਰ ਸਿੰਘ, ਪਰਵੇਸ਼ ਕੰਵਲ, ਸੁਰਿੰਦਰ ਸ਼ਰਮਾ, ਜਗੀਰ ਸਿੰਘ, ਰਾਮ ਆਸਰਾ, ਨਿਰਮਲ ਸਿੰਘ, ਕਮਲਜੀਤ ਸਿੰਘ, ਸੋਮਨਾਥ, ਸ਼ਾਦੀ ਲਾਲ, ਸਾਬਕਾ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਅਤੇ ਨਵੀਨ ਕੁਮਾਰ ਆਦਿ ਮੌਜੂਦ ਸਨ।