Friday, November 22, 2024
 

ਚੰਡੀਗੜ੍ਹ / ਮੋਹਾਲੀ

ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ ਆਮ ਆਦਮੀ ਪਾਰਟੀ 🔥🙏🏽

January 11, 2021 11:15 AM
ਚੰਡੀਗੜ੍ਹ  : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਨੇ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ ਵਾਰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ। 
ਉਨਾਂ ਕਿਹਾ ਕਿ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ। ਇਸ ਅੰਦੋਲਨ ਵਿਚ ਡੱਟੇ ਹੋਏ 50 ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ। ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੋਂ ਰੋਜ਼ਾਨਾਂ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ। ਇਕ ਪਾਸੇ ਪੰਜਾਬ ਦੇ ਕਿਸਾਨ ਦਾ ਪੁੱਤ ਦੇਸ਼ ਦੀ ਸਰਹੱਦ ਉੱਤੇ ਦੁਸ਼ਮਣ ਦੇਸ਼ਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਦੂਜੇ ਪਾਸੇ ਸਾਡੇ ਹੀ ਦੇਸ਼ ਦੇ ਹਾਕਮ ਖਿਲਾਫ ਲੋਕਤੰਤਰਿਕ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਸ਼ਹੀਦ ਹੋ ਰਿਹਾ ਹੈ। ਉਨਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਹਾਕਮ ਅੰਨਾ, ਬੋਲਾ ਅਤੇ ਗੂੰਗਾ ਹੋ ਚੁੱਕਿਆ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਦਿਲਦਰ ਰੂਪੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨਾਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਇਸ ਵਾਰ ਲੋਹੜੀ ਵਾਲੇ ਦਿਨ ਵੀ ਆਪਣਾ ਤਿਉਹਾਰ ਮੰਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣਨ। ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।
 

Have something to say? Post your comment

Subscribe