ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਬੁੱਧੀਜੀਵੀਆਂ ਨਾਲ ਵਿਸ਼ੇਸ਼ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਪੁਨਰ ਪ੍ਰਕਾਸ਼ਨਾ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਸਬੰਧੀ ਸਿੱਖ ਬੁੱਧੀਜੀਵੀਆਂ ਨੇ ਵਡਮੁੱਲੇ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਦੀਆਂ ਤਰਜੀਹਾਂ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖੀ ਪ੍ਰਚਾਰ ਕਰਨਾ ਹੈ। ਮੌਜੂਦਾ ਸਮੇਂ ਬਹੁਤ ਸਾਰੀਆਂ ਪ੍ਰਕਾਸ਼ਨਾਵਾਂ ਦੀ ਮੁੜ ਛਪਾਈ ਕਰਨਯੋਗ ਹੈ, ਜਿਸ ਲਈ ਬੁੱਧੀਜੀਵੀਆਂ ਵੱਲੋਂ ਦਿੱਤੀ ਗਈ ਮੁਲਵਾਨ ਰਾਏ ਅਨੁਸਾਰ ਕਾਰਜ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀਆਂ ਕਿਤਾਬਾਂ ਛਾਪੀਆਂ ਜਾਣਗੀਆਂ, ਉਨ੍ਹਾਂ ਨੂੰ ਡਿਜ਼ੀਟਲ ਰੂਪ ਵਿਚ ਵੈੱਬਸਾਈਟ ’ਤੇ ਵੀ ਪਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪਾਠਕਾਂ ਤੱਕ ਪੁੱਜ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਨੂੰ ਨਵੇਂ ਰੂਪ ਵਿਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਇਤਿਹਾਸ ਨੂੰ ਵੀ ਛਾਇਆ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਨੂੰ ਨਤੀਜਾ ਮੁਖੀ ਬਨਾਉਣ ਲਈ ਧਾਰਮਿਕ ਸਲਾਹਕਾਰ ਕਮੇਟੀ ਦਾ ਵੀ ਗਠਨ ਕਰੇਗੀ।