ਤਰਨ ਤਾਰਨ : ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਬਣਦੀ ਹੈ। ਪੁਲਿਸ ਨੇ ਦੋਸ਼ੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. (ਡੀ.) ਹਰਦੀਪ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਇੰਚਾਰਜ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਦੀ ਇੱਕ ਟੀਮ, ਜਿਸ ਨੇ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਖਾਰਾ ਦੀ ਨਹਿਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਨੇ ਸ਼ੱਕ ਦੇ ਆਧਾਰ 'ਤੇ ਜਦੋਂ ਇੱਕ ਵਿਅਕਤੀ ਜੀ ਜਾਂਚ ਕੀਤੀ ਤਾਂ ਉਸ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣੀ ਪਹਿਚਾਣ ਗੁਰਦੇਵ ਸਿੰਘ ਦੇਬੂ ਪੁੱਤਰ ਜਗਤਾਰ ਸਿੰਘ ਵਾਸੀ ਰੱਤੋਕੇ ਖੇਮਕਰਨ ਵਜੋਂ ਦੱਸੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਫੜਿਆ ਗਿਆ ਵਿਅਕਤੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ 'ਚ ਸਪਲਾਈ ਕਰਨ ਦਾ ਕੰਮ ਕਰਦਾ ਸੀ। ਡੀ. ਐੱਸ. ਪੀ. (ਡੀ.) ਹਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਡੀ. ਐੱਸ. ਪੀ. ਰਾਜਬੀਰ ਸਿੰਘ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਸ਼ਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।