ਅੰਮ੍ਰਿਤਸਰ : ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਸੰਕੇਤਕ ਰੂਪ ਵਿਚ ਲੰਗਰ ਸੇਵਾ ਵੀ ਕੀਤੀ।
ਉਨ੍ਹਾਂ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ। ਬੈਰੀ ਓ ਫੈਰੇਲ ਨੇ ਪਰਕਰਮਾਂ ਕਰਦਿਆਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਪਾਸੋਂ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਵੂਜਮ, ਤਹਿਸੀਲਦਾਰ ਜਗਸੀਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਮੌਜੂਦ ਸਨ।