ਅਗਲੀ ਬੈਠਕ 22 ਜਨਵਰੀ ਨੂੰ ਦੁਪਹਿਰ 12 ਵਜੇ ਹੋਵੇਗੀ
ਨਵੀਂ ਦਿੱਲੀ : ਕਿਸਾਨ ਸੰਗਠਨ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿਤਾ ਕਿ ਇਕ ਨਿਸ਼ਚਿਤ ਸਮੇਂ ਲਈ ਕਾਨੂੰਨ ’ਤੇ ਰੋਕ ਲਗਾ ਦਿਤੀ ਜਾਵੇ ਅਤੇ ਇਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਜਥੇਬੰਦੀਆਂ ਇਸ ਪ੍ਰਸਤਾਵ ’ਤੇ ਰਾਜ਼ੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ। ਅਗਲੀ ਬੈਠਕ 22 ਜਨਵਰੀ ਨੂੰ ਦੁਪਹਿਰ 12 ਵਜੇ ਹੋਵੇਗੀ
ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ ਜਦਕਿ ਸਰਕਾਰ ਇਸ ਮੁੱਦੇ ਦਾ ਹੱਲ ਕਮੇਟੀ ਦੇ ਗਠਨ ਨਾਲ ਕੱਢਣ ਅਤੇ ਕਾਨੂੰਨਾਂ ’ਤੇ ਅਸਥਾਈ ਰੋਕ ਲਈ ਤਿਆਰ ਹੈ। ਕਿਸਾਨ ਆਗੂਆਂ ਵਲੋਂ ਸਰਕਾਰ ਦੇ ਮੰਤਰੀਆਂ ਦੀਆਂ ਦੋਵਾਂ ਪ੍ਰਸਤਾਵਾਂ ਨੂੰ ਮੰਨਣ ਤੋਂ ਇਨਕਾਰ ਕਰ ਦਿਤਾ ਗਿਆ ਹੈ। ਅੱਜ ਦੀ ਇਹ ਬੈਠਕ 40 ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਰੇਲ ਮੰਤਰੀ ਪਿਊਸ਼ ਗੋਇਲ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤਕ 9 ਦੌਰ ਦੀ ਗੱਲਬਾਤ ਹੋ ਚੁਕੀ ਹੈ, ਜੋ ਕਿ ਬੇਸਿੱਟਾ ਰਹੀ। ਦੋਹਾਂ ਧਿਰਾਂ ਵਿਚਾਲੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿਲ ਨੂੰ ਲੈ ਕੇ ਸਹਿਮਤੀ ਬਣੀ ਸੀ। 9ਵੇਂ ਦੌਰ ਦੀ ਗੱਲਬਾਤ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਸਾਫ਼ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਖੇਤੀ ਕਾਨੂੰਨਾਂ ਵਿਰੁਧ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 56 ਦਿਨਾਂ ਤੋਂ ਡਟੇ ਹੋਏ ਹਨ।