ਚੰਡੀਗੜ੍ਹ : ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 162 ਕਿਸਾਨਾਂ ਨੂੰ ਐਕਸ-ਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਵੇ ਅਤੇ ਕਾਲੇ ਕਿਸਾਨੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਕੇ ‘ਅੰਨਦਾਤਾ’ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇ ਜਿਨਾਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਜੀਵਨ ਦਾ ਸਭ ਕੁਝ ਦਾਅ ਉੱਤੇ ਲਾ ਦਿੱਤਾ ਹੈ।
ਇਸ ਤੋਂ ਇਲਾਵਾ ਕੌਂਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਨਿੱਜੀ ਦਖਲ ਦੇਣ ਲਈ ਕਿਹਾ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਲਿਖੀ ਚਿੱਠੀ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਵਾਈਸ ਚੇਅਰਮੈਨ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਹੁਤ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਦੇ ਸ਼ਰਮਨਾਕ ਵਤੀਰੇ, ਨਿਰਦਈ ਰਵੱਈਏ ਤੇ ਦੰਭੀ ਹੰਕਾਰ ਕਾਰਨ ਦੋ ਮਹੀਨਿਆਂ ਭਾਵ 25 ਨਵੰਬਰ, 2020 ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਕਾਲ਼ੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਚਾਰ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਅਤੇ ਮੱਧ ਪ੍ਰਦੇਸ ਦੇ 149 ਕਿਸਾਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਧਰਨਿਆਂ ਅਤੇ ਰੇਲ ਰੋਕੇ ਮੋਰਚੇ ਦੌਰਾਨ ਸਤੰਬਰ ਤੋਂ 24 ਨਵੰਬਰ, 2020 ਤੱਕ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ।
ਉਨਾਂ ਕਿਹਾ ‘‘ਕੇਂਦਰ ਸਰਕਾਰ ਦੀ ਇਹ ਅੜੀ ਕਿਸੇ ਵੀ ਤਰਾਂ ਜਾਇਜ਼ ਨਹੀਂ ਕਿਉਂਕਿ ਕੋਈ ਵੀ ਜਾਨੀ ਨੁਕਸਾਨ ਦੇਸ਼ ਦੇ ਕਿਸਾਨਾਂ ਨਾਲ ਸਰਾਸਰ ਬੇਇਨਸਾਫੀ ਹੈ ਜੋ ਦੇਸ ਦੇ ਅੰਨ ਭੰਡਾਰ ਭਰਨ, ਖੇਤੀ ਅਧਾਰਿਤ ਸਨਅਤਾਂ ਲਈ ਕੱਚਾ ਮਾਲ ਮੁਹੱਈਆ ਕਰਵਾਉਣ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਖੇਤ ਮਜਦੂਰਾਂ ਨੂੰ ਵੀ ਨੌਕਰੀਆਂ ਪ੍ਰਦਾਨ ਕਰ ਰਹੇ ਹਨ।’’ ਕੌਂਸਲ ਦੇ ਆਗੂਆਂ ਨੇ ਪੰਜਾਬ, ਦਿੱਲੀ, ਰਾਜਸਥਾਨ, ਛੱਤੀਸਗੜ, ਕੇਰਲਾ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਵੱਲੋਂ ਇੰਨਾਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸਖਤ ਅਤੇ ਸਪੱਸ਼ਟ ਲੈਣ ਦੀ ਸਰਾਹਨਾ ਕਰਦਿਆਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੋਂ ਸ਼ਹੀਦ ਕਿਸਾਨਾਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਾਲੀ ਸਹਾਇਤਾ ਯਕੀਨੀ ਬਣਾਉਣ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਕਿਉਂਕਿ ਉਨਾਂ ਨੇ ਬਹੁਤ ਹੀ ਮੁਸ਼ਕਲ ਹਾਲਾਤਾਂ ਵਿਚ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰਦੇ ਹੋਏ ਆਪਣੀ ਜ਼ਿੰਦਗੀ ਦਾ ਬਲੀਦਾਨ ਦਿੱਤਾ ਹੈ। ਕੌਂਸਲ ਨੇ ਸਾਰੇ ਸ਼ਹੀਦ ਹੋਏ ਕਿਸਾਨਾਂ ਦੀ ਇੱਕ ਸੂਚੀ ਵੀ ਕੇਂਦਰੀ ਮੰਤਰੀ ਨੂੰ ਭੇਜੀ ਹੈ ਤਾਂ ਜੋ ਅੰਨਦਾਤਾ ਪ੍ਰਤੀ ਸਾਡੀ ਸ਼ੁਕਰਗੁਜਾਰੀ ਦੀ ਪ੍ਰਭਲ ਭਾਵਨਾ ਨਾਲ ਦੁਖੀ ਪਰਿਵਾਰਾਂ ਨੂੰ ਹਰ ਤਰੀਕੇ ਨਾਲ ਸਰਗਰਮ ਸਹਾਇਤਾ ਅਤੇ ਸਹਿਯੋਗ ਦਿੱਤਾ ਜਾ ਸਕੇ।