ਸਾਬਕਾ ਮੇਅਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜ਼ਾਦ ਗਰੁੱਪ ਦੇ ਮੈਂਬਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
ਐਸ.ਏ.ਐਸ ਨਗਰ : ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਵਿਕਾਸ ਦੇ ਨਾਮ 'ਤੇ ਹੀ ਵੋਟਾਂ ਮੰਗ ਰਹੇ ਹਨ ਅਤੇ ਸਾਡਾ ਮੁੱਖ ਟੀਚਾ ਮੁਹਾਲੀ ਸ਼ਹਿਰ ਦਾ ਵਿਕਾਸ ਕਰਨਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ। ਉਹ ਅੱਜ ਘਰ-ਘਰ ਜਾ ਕੇ ਅਜ਼ਾਦ ਗਰੁੱਪ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਸਨ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਮੁਹਾਲੀ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸਰਵਪੱਖੀ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਮੁਹਾਲੀ ਸ਼ਹਿਰ ਨੂੰ ਇਹ ਮਾਣ ਹਾਸਲ ਹੈ ਕਿ ਸਭ ਤੋਂ ਪਹਿਲਾਂ ਮੁਹਾਲੀ ਵਿੱਚ ਐਲ.ਈ.ਡੀ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਅਤੇ ਸੜਕਾਂ ਦੀ ਸਫਾਈ ਲਈ ਸਭ ਤੋਂ ਪਹਿਲਾਂ ਮਸ਼ੀਨਾਂ ਖਰੀਦੀਆਂ ਗਈਆਂ।
ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਦਿਵਾਓ ਤਾਂ ਜੋ ਮੁਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ।