ਸਾਬਕਾ ਮੇਅਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜ਼ਾਦ ਗਰੁੱਪ ਦੇ ਮੈਂਬਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
ਐਸ.ਏ.ਐਸ ਨਗਰ : ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਵਿਕਾਸ ਦੇ ਨਾਮ 'ਤੇ ਹੀ ਵੋਟਾਂ ਮੰਗ ਰਹੇ ਹਨ ਅਤੇ ਸਾਡਾ ਮੁੱਖ ਟੀਚਾ ਮੁਹਾਲੀ ਨੂੰ ਦੇਸ਼ ਦਾ ਸਭ ਤੋਂ ਵਿਕਸਿਤ ਸ਼ਹਿਰ ਬਨਾਉਣਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ। ਉਹ ਅੱਜ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਅਜ਼ਾਦ ਗਰੁੱਪ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਸਨ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਮੁਹਾਲੀ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸਰਵਪੱਖੀ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਮੁਹਾਲੀ ਸ਼ਹਿਰ ਨੂੰ ਇਹ ਮਾਣ ਹਾਸਲ ਹੈ ਕਿ ਸਭ ਤੋਂ ਪਹਿਲਾਂ ਮੁਹਾਲੀ ਵਿੱਚ ਐਲ.ਈ.ਡੀ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਅਤੇ ਸੜਕਾਂ ਦੀ ਸਫਾਈ ਲਈ ਸਭ ਤੋਂ ਪਹਿਲਾਂ ਮਸ਼ੀਨਾਂ ਖਰੀਦੀਆਂ ਗਈਆਂ। ਇਸ ਦੇ ਨਾਲ ਹੀ ਮੁਹਾਲੀ ਪੰਜਾਬ ਦਾ ਇਕਲੌਤਾ ਸ਼ਹਿਰ ਹੈ ਜਿੱਥੇ ਹਰ ਇਕ ਵਾਰਡ 'ਚ ਓਪਨ ਏਅਰ ਜਿੰਮ ਹੈ। ਉਹਨਾਂ ਦੱਸਿਆ ਕਿ ਲਗਾਤਾਰ ਵਧ ਰਹੇ ਪ੍ਰਦੂਸ਼ਨ ਨੂੰ ਦੇਖਦੇ ਹੋਏ ਉਨ੍ਹਾਂ ਨੇ ਮੁਹਾਲੀ ਵਿੱਚ ਲੱਖਾਂ ਦੀ ਗਿਣਤੀ 'ਚ ਬੂਟੇ ਲਗਵਾਏ ਤਾਂ ਜੋ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਨ ਤੋਂ ਰਾਹਤ ਮਿਲ ਸਕੇ ਅਤੇ ਸਾਡਾ ਚੌਗਿਰਦਾ ਹਰਿਆਵਲ ਰਹੇ।
ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਦਿਵਾਓ ਤਾਂ ਜੋ ਮੁਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ ਅਤੇ ਦੇਸ਼ ਦਾ ਸਭ ਤੋਂ ਵਿਕਸਿਤ ਸ਼ਹਿਰ ਬਣਾਇਆ ਜਾ ਸਕੇ।