ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ: ਪਰਵਿੰਦਰ ਸੋਹਾਣਾ
ਐਸ.ਏ.ਐਸ ਨਗਰ : ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਘੰਟੇ ਲਈ ਦਿੱਤੇ ਗਏ 'ਚੱਕਾ ਜਾਮ' ਦੇ ਸੱਦੇ ਨੂੰ ਸਮਰਥਨ ਕਰਦਿਆਂ 3 ਘੰਟਿਆਂ ਲਈ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਬੰਦ ਰੱਖਿਆ ਗਿਆ। ਇਸ ਸੰਬੰਧੀ ਅਜ਼ਾਦ ਗਰੁੱਪ ਦੇ ਮੁੱਖ ਬੁਲਾਰੇ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਅਜ਼ਾਦ ਗਰੁੱਪ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਸੱਦੇ 'ਤੇ ਹੀ ਉਹਨਾਂ ਨੇ ਦੁਪਹਿਰ 12 ਤੋਂ 3 ਵਜੇ ਤੱਕ ਚੋਣ ਪ੍ਰਚਾਰ ਬੰਦ ਰੱਖਿਆ ਹੈ।
ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਮੁਹਾਲੀ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਵਿਕਾਸ ਦੇ ਮੁੱਦੇ 'ਤੇ ਚੋਣ ਲੜ੍ਹ ਰਹੇ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਾਬਕਾ ਮੇਅਰ ਅਤੇ ਅਜ਼ਾਦ ਗੁਰੱਪ ਦੇ ਮੁਖੀ ਸ. ਕੁਲਵੰਤ ਸਿੰਘ ਵੱਲੋਂ ਮੁਹਾਲੀ ਦਾ ਸਰਵਪੱਖੀ ਵਿਕਾਸ ਕਰਕੇ ਸ਼ਹਿਰ ਦੀ ਨੁਹਾਰ ਬਦਲੀ ਗਈ ਹੈ, ਜਿਸਦੇ ਚਲਦਿਆਂ ਸ਼ਹਿਰ ਵਾਸੀ ਸ. ਕੁਲਵੰਤ ਸਿੰਘ ਅਤੇ ਅਜ਼ਾਦ ਗੁਰੱਪ ਦੇ ਬਾਕੀ ਉਮੀਦਵਾਰਾਂ ਨੂੰ ਮੁੜ ਤੋਂ ਜਿਤਾਉਣਗੇ ਤਾਂ ਜੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।