ਚੰਡੀਗੜ੍ਹ: ਪੰਜਾਬ ਦੇ ਵੱਖ ਜਿਲ੍ਹਿਆਂ ਵਿੱਚ ਕੱਲ੍ਹ ਯਾਨੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣਗੀਆਂ। ਇਸ ਵਿਚਾਲੇ ਪੰਜਾਬ ਚੋਣਾਂ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਨਿਗਰਾਨੀ ਲਈ ਵੀ ਵੱਡੇ ਫੈਸਲੇ ਲਏ ਹਨ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਆਗਿਆ ਦਿੱਤੀ ਹੈ।
ਇਸ ਦੇ ਨਾਲ ਹੀ ਮੁਹਾਲੀ ਪੁਲਿਸ ਵੱਲੋਂ ਅਦਾਲਤ ਨੂੰ ਦਿੱਤੇ ਹਲਫਨਾਮੇ ਵਿੱਚ, ਇਹ ਕਿਹਾ ਗਿਆ ਹੈ ਕਿ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਇਸ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਮੁਹਾਲੀ ਪ੍ਰਸ਼ਾਸਨ ਨੂੰ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨੀ ਪਏਗੀ।
ਪੋਲਿੰਗ ਬੂਥਾਂ ਦੇ ਬਾਹਰ ਤਕਰੀਬਨ ਇਕ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀਆਂ ਗਸ਼ਤ ਕਰ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਏਗੀ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦਿੱਤੀ ਹੈ।