ਚੰਡੀਗੜ੍ਹ (ਏਜੰਸੀਆਂ) : ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਮੋਹਾਲੀ ਦੇ ਚੋਣਾਂ ਵਿਚ ਮਿਲੀ ਵੱਡੀ ਜਿੱਤ ਉਪਰੰਤ ਕੀਤਾ।
ਬਲਬੀਰ ਸਿੱਧੂ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ 50 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 38 ਸੀਟਾਂ ’ਤੇ ਜਿੱਤ ਹਾਸਲ ਕੀਤਾ ਹੈ ਜਦਕਿ ਮੋਹਾਲੀ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਨੂੰ ਨਕਾਰ ਕੇ ਮੁਕਾਬਲੇ ਤੋਂ ਹੀ ਬਾਹਰ ਕਰ ਦਿੱਤਾ ਅਤੇ ਇਹ ਪਾਰਟੀਆਂ ਆਪਣਾ ਖਾਤਾ ਖੋਲਣ ਵਿਚ ਅਸਫਲ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਆਏ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਜਤਾਇਆ ਹੈ। ਮੋਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ’ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ ਜਿਸ ਲਈ ਸਾਡੀ ਪਾਰਟੀ ਨੂੰ ਵਿਸ਼ਾਲ ਜਨ ਸਮਰਥਨ ਮਿਲਿਆ ਹੈ।ਉਨਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਅੱਗੇ ਵੀ ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇਗਾ।