ਮੁਹਾਲੀ (ਏਜੰਸੀਆਂ) : ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਹੋਰ ਜਾਣਕਾਰੀ ਦੇਣ ਦੇ ਉਦੇਸ਼ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੇ ਜ਼ਿਲ੍ਹਾ ਹਸਪਤਾਲ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਪ੍ਰਦੇਸੀ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਬੀਪੀਐਲ ਪਰਿਵਾਰਾਂ, ਸਮਾਰਟ ਰਾਸ਼ਨ ਕਾਰਡ ਧਾਰਕਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੀਆਂ ਮੁਫ਼ਤ ਇਲਾਜ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਇਹ ਵੈਨ ਇਸ ਯੋਜਨਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਮਹੀਨੇ ਤਕ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਅਤੇ ਪਿੰਡਾਂ ਦਾ ਦੌਰਾ ਕਰੇਗੀ ਅਤੇ ਯੋਗ ਲਾਭਪਾਤਰੀਆਂ ਦੇ ਈ-ਕਾਰਡ ਵੀ ਉਥੇ ਹੀ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਈ-ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਇਹ ਕਾਰਡ ਕਾਮਨ ਸਰਵਿਸ ਸੈਂਟਰ, ਸੇਵਾ ਕੇਂਦਰ ਅਤੇ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਵਿਚ ਬਣ ਰਹੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਪਰਮਿੰਦਰ ਸਿੰਘ, ਗੁਰਜਸ਼ਨ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।