2022 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾਣਗੇ ਕਦਮ- ਭਗਵੰਤ ਮਾਨ
ਚੰਡੀਗੜ੍ਹ (ਏਜੰਸੀਆਂ) : ਆਮ ਆਦਮੀ ਪਾਰਟੀ ਵੱਲੋਂ ਸਥਾਨਕ ਚੋਣਾਂ ਦੀ ਸਮੀਖਿਆ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੋਮਵਾਰ ਤੋਂ ਸੂਬੇ ਦੇ ਚਾਰ ਜੋਨਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਨੇ ਕਿਹਾ ਕਿ ਸੋਮਵਾਰ ਤੋਂ ਸੂਬਾ ਅਹੁਦੇਦਾਰਾਂ ਵੱਲੋਂ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਦੀ ਸਮੀਖਿਆ ਕੀਤੀ ਜਾਵੇਗੀ। ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦੀ ਸਮੀਖਿਆ ਕਰਦੇ ਹੋਏ ਆਉਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ। ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਜਾਵੇਗੀ। ‘ਆਪ’ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਲੜੀਆਂ ਗਈਆਂ। ਇਨ੍ਹਾਂ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸ਼ਹਿਰ ਵਾਸੀਆਂ ਵੱਲੋਂ ਮਿਲੇ ਚੰਗੇ ਹੁੰਗਾਰੇ ਤੋਂ ਬਾਅਦ ਪਾਰਟੀ ਨੂੰ ਸ਼ਹਿਰੀ ਖੇਤਰ ਵਿਚ ਮਜ਼ਬੂਤ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ। ਇਸ ਲਈ ਪਾਰਟੀ ਵੱਲੋਂ ਸੋਮਵਾਰ ਤੋਂ ਹੀ ਜੋਨ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਸਥਾਨਕ ਆਗੂਆਂ ਨੂੰ ਇਕ ਵਧੀਆ ਪੰਜਾਬ ਬਣਾਉਣ ਲਈ ਅੱਗੇ ਤੋਂ ਹੋਰ ਤਾਕਤ ਨਾਲ ਕੰਮ ਕਰਨ ਲਈ ਪ੍ਰੇਰਿਆ ਜਾਵੇਗਾ।