ਨਵਾਂਸ਼ਹਿਰ (ਏਜੰਸੀਆਂ) : ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਈ ਜਾ ਰਹੀ ‘ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਜ਼ਿਲੇ ਵਿਚ ਤਾਇਨਾਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਜ਼ਿਲੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਪੋਸਟਰਾਂ ਅਤੇ ਸੈਮੀਨਾਰਾਂ ਰਾਹੀਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਹੀ ਢੰਗ ਨਾਲ ਮਾਸਕ ਪਹਿਨਣ ਤੋਂ ਇਲਾਵਾ 6 ਫੁੱਟ ਦੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਇਸ ਦੌਰਾਨ ਦੱਸਿਆ ਕਿ ਕੋਵਿਡ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਪੋਸਟਰ ਲਗਾਏ ਗਏ ਹਨ, ਤਾਂ ਜੋ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ।