ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ 3 ਦਿਨ (11 ਤੋਂ 13 ਮਾਰਚ) ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰੀ ਪ੍ਰਤੀ ਸੂਬਾ ਸਰਕਾਰ ਦੀ ਬੇਰੁਖ਼ੀ ਅਤੇ ਵਾਅਦਾ ਖ਼ਿਲਾਫ਼ੀ ਕਾਰਨ 11, 12 ਅਤੇ 13 ਮਾਰਚ ਨੂੰ ਮੁਕੰਮਲ ਹੜ੍ਹਤਾਲ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਨਬੱਸ 'ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ 13 ਸਾਲ ਤੋਂ ਘੱਟ ਤਨਖਾਹ 'ਤੇ ਕੰਮ ਕਰਵਾ ਕੇ ਕਿਰਤ ਕਾਨੂੰਨਾਂ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਸੱਤਾ 'ਚ ਆਉਣ ਤੋਂ ਪਹਿਲਾਂ ਸੂਬੇ ਦੇ ਸਾਰੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਗਏ ਸਨ।