Friday, November 22, 2024
 

ਸਿਆਸੀ

ਕੇਜਰੀਵਾਲ ਦੀ ਹਾਜ਼ਰੀ ਵਿਚ ’ਆਪ’ ਵਲੋਂ ਚੋਣ ਬਿਗਲ, ਬਾਘਾਪੁਰਾਣਾ ’ਚ ਕੀਤੀ ਮਹਾ-ਪੰਚਾਇਤ

March 21, 2021 06:13 PM

ਮੋਗਾ (ਏਜੰਸੀਆਂ) : ਆਮ ਆਦਮੀ ਪਾਰਟੀ ਨੇ ਮੋਗਾ ਦੇ ਬਾਘਾਪੁਰਾਣਾ ’ਚ ਮਹਾਂਕਿਸਾਨ ਸੰਮੇਲਨ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਕਰੋਨਾ ਦੀਆਂ ਪਾਬੰਦੀਆਂ ਦੇ ਬਾਵਜੂਦ ਰੈਲੀ ਵਿਚ ਭਾਰੀ ਇਕੱਠ ਪਿੱਛੋਂ ਪਾਰਟੀ ਆਗੂਆਂ ਦੇ ਹੌਸਲੇ ਬੁਲੰਦ ਹਨ।

ਇਸ ਸੰਮੇਲਨ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪੁੱਜੇ ਸਨ। ਇਸ ਦੌਰਾਨ ਉੁਨ੍ਹਾਂ ਨੇ ਭਾਜਪਾ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕੈਪਟਨ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਅਤੇ ਨਵਾਂ ਪੰਜਾਬ - ਖੁਸ਼ਹਾਲ ਪੰਜਾਬ ਦਾ ਨਾਅਰਾ ਦਿੱਤਾ। ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਉੁਨ੍ਹਾਂ ਦੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਕੀਤੇ ਹੋਏ ਸਾਰੇ ਵਾਅਦੇ ਸੱਤਾ ’ਚ ਆਉਣ ਤੋਂ ਬਾਅਦ ਪੂਰੇ ਕਰਨਗੇ। ਆਪਣੇ ਇਸ ਸੰਬੋਧਨ ’ਚ ਉੁਨ੍ਹਾਂ ਨੇ ਕਈ ਵਾਰ ਕਿਸਾਨੀ ਅੰਦੋਲਨ ਦਾ ਜਿਕਰ ਵੀ ਕੀਤਾ।

ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼ ’ਚ ਸ਼ਹੀਦ ਸੂਬੇ ਦੇ 282 ਕਿਸਾਨਾਂ ਤੇ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਡਾ ਕਿਸਾਨ ਦੇਸ਼ਧ੍ਰੋਹੀ ਨਹੀਂ ਹੋ ਸਕਦਾ ਅਤੇ ਕਿਸਾਨਾਂ ਲਈ ਖੇਤੀਬਾੜੀ ਕਾਨੂੰਨ ਮੌਤ ਦੇ ਵਾਰੰਟ ਹਨ। ਅੱਜ ਆਪਣੇ ਦੇਸ਼ ਦਾ ਕਿਸਾਨ ਬਹੁਤ ਪੀੜਾ ਵਿਚ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅੰਦਰ ਕੋਈ ਲਹਿਰ ਪੈਦਾ ਹੋਈ ਹੈ, ਉਸ ਦੀ ਅਗਵਾਈ ਪੰਜਾਬ ਦੇ ਲੋਕਾਂ ਨੇ ਕੀਤੀ।

ਕਿਸਾਨਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਪੰਜਾਬ ਤੋਂ ਅਵਾਜ਼ ਉੱਠੀ ਅਤੇ ਅੱਜ ਇਹ ਸੰਘਰਸ਼ ਪੂਰੇ ਦੇਸ਼ ’ਚ ਫੈਲ ਗਿਆ ਹੈ। ਉਹ ਕਿਸਾਨਾਂ ਦੇ ਨਾਲ ਹਨ। ਮੋਦੀ ਸਰਕਾਰ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ 9 ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮਨਜੂਰੀ ਮੰਗੀ ਸੀ। ਮੋਦੀ ਸਰਕਾਰ ਕੋਲ ਸਟੇਡੀਅਮ ਨੂੰ ਜੇਲ੍ਹ ਬਣਾਉਣ ਦਾ ਅਧਿਕਾਰ ਨਾ ਹੋਣ ਕਾਰਨ ਅਤੇ ਉਨ੍ਹਾਂ ਵੱਲੋਂ ਇਨਕਾਰ ਕਰਨ ਉੱਤੇ ਕੇਂਦਰ ਸਰਕਾਰ ਉਨ੍ਹਾਂ ਉੱਤੇ ਖਫ਼ਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਕਾਨੂੰਨ ਪਾਸ ਕਰਵਾਏ ਹਨ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਮਗਰੋਂ ਕਿਸਾਨਾਂ ਦੀ ਬਚੀ ਹੋਈ ਖੇਤੀ ਕੇਂਦਰ ਸਰਕਾਰ ਤਿੰਨ-ਚਾਰ ਪੂੰਜੀਪਤੀ ਸਾਥੀਆਂ ਦੇ ਹੱਥਾਂ ਵਿਚ ਸੌਂਪਣਾ ਚਾਹੁੰਦੀ ਹੈ। ਸ੍ਰੀ ਕੇਜਰੀਵਾਲ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ 2017 ਵਿੱਚ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe