ਕੋਵਿਡ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।
ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੇ ਸਟਾਫ਼ ਦੇ ਵੈਕਸੀਨੇਸ਼ਨ ਦੇ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੈਕਸੀਨੇਸ਼ਨ ਦਾ ਕਾਰਜ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਆਮ ਲੋਕਾਂ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਇਆ ਜਾ ਸਕੇ।
ਉਹਨਾਂ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੌਰਾਨ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਤਾਂ ਜੋ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ।
ਸ੍ਰੀ ਸੋਨੀ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।