ਰਾਹੁਲ ਗਾਂਧੀ ਵੀ ਇਸ ਮੁੱਦੇ 'ਤੇ ਪੰਜਾਬੀਆਂ ਨੂੰ ਗੁਮਰਾਹ ਕਰ ਗਏ
ਕੋਟਕਪੂਰਾ : ਅਪਣੇ ਧਰਮ ਦਾ ਅਪਮਾਨ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸਿੱਖ ਸੰਗਤਾਂ ਉੱਪਰ ਜਨਰਲ ਡਾਇਰ ਦੀ ਤਰ੍ਹਾਂ ਕੀਤੇ ਗਏ ਲਾਠੀਚਾਰਜ ਅਤੇ ਵਰ੍ਹਾਈਆਂ ਗਈਆਂ ਗੋਲੀਆਂ ਤੋਂ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕਰ ਕੇ ਸੱਤਾ 'ਚ ਆਏ ਕੈਪਟਨ ਅਮਰਿੰਦਰ ਸਿੰਘ ਅਜੇ ਵੀ ਬੇਅਦਬੀ ਅਤੇ ਗੋਲੀਕਾਂਡ ਦੇ ਸਬੰਧ 'ਚ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਸਥਾਨਕ ਬੱਤੀਆਂ ਵਾਲੇ ਚੌਕ 'ਚ ਉਸੇ ਘਟਨਾ ਸਥਾਨ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਕੈਪਟਨ ਅਤੇ ਬਾਦਲ ਆਪਸ 'ਚ ਰਲੇ ਹੋਏ ਹਨ ਕਿਉਂਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੀ ਅਜੇ ਤਕ ਇਹੀ ਰਾਗ ਅਲਾਪ ਰਹੇ ਹਨ ਕਿ ਪੀੜਤ ਪਰਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਮਿਲਣਗੀਆਂ ਪਰ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਹੋਂਦ 'ਚ ਆਇਆਂ ਲਗਭਗ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਐਸਆਈਟੀ ਵਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿਤੀਆਂ ਗਈਆਂ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਨਹੀਂ ਦਿਤਾ ਜਾ ਰਿਹਾ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਤਤਕਾਲੀਨ ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਵੀ ਇਸ ਮੁੱਦੇ 'ਤੇ ਸਿਰਫ਼ ਸਿਆਸੀ ਰੋਟੀਆਂ ਸੇਕ ਰਹੀ ਹੈ ਅਤੇ ਬਾਦਲਾਂ ਦੀ ਤਰ੍ਹਾਂ ਕਾਂਗਰਸੀਆਂ ਵਲੋਂ ਵੀ ਪੀੜਤ ਪਰਵਾਰਾਂ ਦੇ ਨਾਲ-ਨਾਲ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਪਾਰਟੀ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ 'ਚ ਰੋਡ ਸ਼ੋਅ ਦੌਰਾਨ ਜਬਰਦਸਤ ਐਂਟਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਵਿਰੋਧੀਆਂ ਦੇ ਕੂੜ ਪ੍ਰਚਾਰ ਦੇ ਬਾਵਜੂਦ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ ਤੇ ਪਾਰਟੀ ਉਮੀਦਵਾਰਾਂ ਦੀ ਕਾਰਗੁਜ਼ਾਰੀ ਬਿਹਤਰ ਰਹੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪ੍ਰੋ. ਸਾਧੂ ਸਿੰਘ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਵੀ ਸੀਨੀਅਰ ਪਾਰਟੀ ਆਗੂਆਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਤੇ।