ਅੰਮ੍ਰਿਤਸਰ : ਅੰਮ੍ਰਿਤਸਰ 'ਚ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਇਕ ਹਸਪਤਾਲ 'ਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 5 ਮਰੀਜ਼ ਕੋਰੋਨਾ ਪਾਜ਼ੇਟਿਵ ਸਨ, ਜਦੋਂ ਇਕ ਇਕ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਸੀ। ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਲਗਾਤਾਰ ਆਕਸੀਜਨ ਦੀ ਸਪਲਾਈ ਲਈ ਉਹ ਮੰਗ ਕਰ ਰਹੇ ਸਨ।
ਪ੍ਰਸ਼ਾਸਨ ਵੱਲੋਂ ਹਸਪਤਾਲ ਨੂੰ ਆਕਸੀਜਨ ਸਪਲਾਈ ਕਰਨ ਲਈ ਆਕਸੀਜਨ ਭੇਜਣ ਵਾਲੀਆਂ ਕੰਪਨੀਆਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਆਕਸੀਜਨ ਦੀ ਸਪਲਾਈ ਨਹੀਂ ਮਿਲ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਅਜੇ ਵੀ ਉਨ੍ਹਾਂ ਦੀਆਂ ਕਈ ਗੱਡੀਆਂ ਕੰਪਨੀਆਂ ਦੇ ਬਾਹਰ ਆਕਸੀਜਨ ਲੈਣ ਲਈ ਖੜ੍ਹੀਆਂ ਹਨ ਪਰ ਆਕਸੀਜਨ ਨਹੀਂ ਮਿਲੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ 2 ਦਿਨਾਂ ਤੋਂ ਹਾਲਾਤ ਇਹ ਬਣੇ ਹੋਏ ਹਨ ਕਿ ਉਹ ਮਰੀਜ਼ਾਂ ਨੂੰ ਅਜੇ ਦਾਖ਼ਲ ਨਹੀਂ ਕਰ ਰਹੇ।
ਉਨ੍ਹਾਂ ਨੇ ਦੱਸਿਆ ਕਿ ਹਾਲਾਤ ਬਾਰੇ ਪਹਿਲਾਂ ਹੀ ਮਰੀਜ਼ਾਂ ਦੇ ਪਰਿਵਾਰਾਂ ਅਤੇ ਪ੍ਰਸ਼ਾਸਨ ਨੂੰ ਜਾਣੂੰ ਕਰਵਾ ਦਿੱਤਾ ਗਿਆ ਸੀ। ਦੂਜੇ ਪਾਸੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਅਤੇ ਮਹਿਕਮੇ ਦੀਆਂ ਟੀਮਾਂ ਨੂੰ ਹਸਪਤਾਲ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਰਿਪੋਰਟ ਆਵੇਗੀ, ਉਸ ਨੂੰ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ।