ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦੀਪ ਸਿੱਧੂ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦੀਪ ਸਿੱਧੂ ਦੀ ਜੇਲ ਤੋਂ ਰਿਹਾਈ ਹੋਈ ਅਤੇ ਉਹ ਗੁਰਦਵਾਰਾ ਰਕਾਬ ਗੰਜ ਸਾਹਿਬ ਨਤਮਸਤਕ ਹੋਇਆ। ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ’ਤੇ ਸਿੱਧੂ ਜ਼ਮਾਨਤ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ’ਤੇ ਇਹ ਦੂਜਾ ਕੇਸ ਸੀ, ਜੋ ਕਿ ਭਾਰਤ ਦੇ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਵਲੋਂ ਦਰਜ ਕਰਵਾਇਆ ਗਿਆ ਸੀ।
ਦਰਅਸਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ’ਚ ਲਾਲ ਕਿਲ੍ਹੇ ਨੂੰ ਹੋਏ ਨੁਕਸਾਨ ਨੂੰ ਲੈ ਕੇ ਭਾਰਤ ਦੇ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਵਲੋਂ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੇ ਸਬੰਧ ’ਚ ਦੀਪ ਸਿੱਧੂ ਵਲੋਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਕੋਰਟ ਨੇ ਮਨਜ਼ੂਰ ਕਰ ਲਿਆ ਅਤੇ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ।